ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਤੇ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਹੈ। ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਅੱਜ 2 ਨਵੰਬਰ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ।

ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌ ਸਜਾਏ ਗਏ ਹਨ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮੁੰਬਈ ਦੀਆਂ ਸੰਗਤਾਂ ਵਲੋਂ 9 ਟਨ ਫੁੱਲਾਂ ਨਾਲ ਕੀਤੀ ਗਈ ਸਜਾਵਟ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।

ਫੁੱਲਾਂ ਦੀ ਇਹ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ ਤੇ ਫੁੱਲਾਂ ਨਾਲ ਮਹਿਕਦੇ ਸ੍ਰੀ ਦਰਬਾਰ ਸਾਹਿਬ ਦਾ ਵਿਲੱਖਣ ਨਜ਼ਾਰਾ ਦੇਖ ਸੰਗਤਾਂ ਅਨੰਦਿਤ ਹੋ ਰਹੀਆਂ ਹਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। ਇਸ ਦਿਹਾੜੇ ਮੌਕੇ ਸ਼ਰਧਾਲੂਆਂ ਵਲੋਂ 290 ਗ੍ਰਾਮ ਸੋਨੇ ਦਾ ਛੱਬਾ ਭੇਟ ਕੀਤਾ ਗਿਆ।

  •  
  •  
  •  
  •  
  •