ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਖਿਲਾਫ਼ ਹਾਈ ਕੋਰਟ ਪਹੁੰਚੇ ਦੋਸ਼ੀ ਕਰਾਰ ਦਿੱਤੇ ਕਰਮਚਾਰੀ

ਅੰਮ੍ਰਿਤਸਰ: 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਵਿੱਚੋਂ ਤਿੰਨ ਜਣਿਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕਰ ਕੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਇਹ ਕੇਸ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਬਾਜ ਸਿੰਘ ਅਤੇ ਦਲਬੀਰ ਸਿੰਘ ਵੱਲੋਂ ਦਾਇਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਪੰਜ ਕਰਮਚਾਰੀਆਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ ਅਤੇ ਪੰਜ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਸੀ। ਫਾਰਗ ਕੀਤੇ ਗਏ ਕਰਮਚਾਰੀਆਂ ਵਿਚ ਕੇਸ ਦਾਇਰ ਕਰਨ ਵਾਲੇ ਕਰਮਚਾਰੀ ਵੀ ਸ਼ਾਮਲ ਹਨ।

ਇਸ ਸਬੰਧੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ੍ਹਾਂ ਅਦਾਲਤ ਵਿੱਚ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ’ਤੇ ਗ਼ਲਤ ਦੋਸ਼ ਲਾਏ ਗਏ ਹਨ। ਉਹ ਜੁਲਾਈ ਮਹੀਨੇ ਸੇਵਾਮੁਕਤ ਹੋ ਗਏ ਸਨ ਪਰ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਾਧਾ ਕਰ ਦਿੱਤਾ ਗਿਆ ਅਤੇ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਨੂੰ ਫਸਾ ਦਿੱਤਾ ਗਿਆ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਹੁਣ ਤਕ ਅਦਾਲਤ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਮੰਗਿਆ ਗਿਆ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਹੋਈ ਹੈ, ਜਿਸ ਵਿੱਚ ਲੋੜ ਮੁਤਾਬਕ ਹੋਰ ਵੀ ਮਾਹਿਰ ਸ਼ਾਮਲ ਕੀਤੇ ਜਾ ਸਕਦੇ ਹਨ।

  • 60
  •  
  •  
  •  
  •