ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਖਿਆ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਨੇ ਏਸ਼ੀਆ ਖਿੱਤੇ ਵਿਚ ਸ਼ਾਂਤੀ ਸਥਾਪਿਤ ਕਰਨ ਲਈ ਮੀਲ ਪੱਥਰ ਸਾਬਤ ਹੋਣਾ ਸੀ ਅਤੇ ਇਹ ਹੋ ਵੀ ਰਿਹਾ ਸੀ, ਜਿਸ ਨੂੰ ਮੁੜ ਖੋਲ੍ਹ ਕੇ ਕੇਂਦਰ ਸਰਕਾਰ ਖੁੱਲ੍ਹ ਦਿਲੀ ਦਾ ਸਬੂਤ ਦੇਵੇ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਹੈ ਦੋਵੇ ਦੇਸ਼ਾਂ ਦੇ ਲੋਕ ਆਪਸੀ ਮੇਲ-ਮਿਲਾਪ ਅਤੇ ਸ਼ਾਂਤੀ ਚਾਹੁੰਦੇ ਹਨ ਪਰ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਦੋਵੇਂ ਹੀ ਦੇਸ਼ਾਂ ਦੀ ਅੰਦਰੂਨੀ ਸਿਆਸਤ ਮਾਮਲੇ ਨੂੰ ਵਿਗਾੜਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਸਰਕਾਰਾਂ ਸ਼ਾਂਤੀ ਸਥਾਪਤ ਕਰਨਾ ਚਾਹੁੰਦੀਆਂ ਹਨ ਤਾਂ ਉਨ੍ਹਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਇਕ ਚੰਗਾ ਰਸਤਾ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਮਹਾਂਮਾਰੀ ਕਰਕੇ ਬਾਕੀ ਧਾਰਮਿਕ ਸਥਾਨਾਂ ਦੀ ਤਰ੍ਹਾਂ ਗੁ: ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਕੀਤਾ ਗਿਆ ਸੀ, ਹੁਣ ਜਿਸ ਤਰ੍ਹਾਂ ਦੇਸ਼ ਦੇ ਬਾਕੀ ਧਾਰਮਿਕ ਸਥਾਨ ਖੋਲ੍ਹੇ ਗਏ ਅਤੇ ਪਾਕਿਸਤਾਨ ਸਰਕਾਰ ਵੱਲੋਂ ਵੀ ਖੋਲ੍ਹ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹ ਦਿਲੀ ਦਾ ਸਬੂਤ ਦਿੱਤਾ ਹੈ, ਉਸੇ ਤਰ੍ਹਾਂ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਆਪਣੀ ਖੁੱਲ੍ਹ ਦਿਲੀ ਦਾ ਸਬੂਤ ਦੇਣਾ ਚਾਹੀਦਾ ਹੈ।

  • 96
  •  
  •  
  •  
  •