ਜਥੇਦਾਰ ਅਕਾਲ ਤਖ਼ਤ ਵੱਲੋਂ ਖਾਲਸਾ ਪੰਥ ਨੂੰ ਕਿਸਾਨਾਂ ਲਈ ਢਾਲ ਬਣ ਕੇ ਡਟਣ ਦਾ ਸੱਦਾ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਸਾ ਪੰਥ ਨੂੰ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਲਈ ਢਾਲ ਬਣ ਕੇ ਉਹਨਾਂ ਦੇ ਸੰਘਰਸ਼ ’ਚ ਡਟਣ ਦਾ ਸੱਦਾ ਹੈ। ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਤੋਂ ਸਿੱਖ ਕੌਮ ਨਾਂ ਦਿੱਤੇ ਆਪਣੇ ਸੰਦੇਸ਼ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂਆਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਉਠਾਈ ਅਤੇ ਲੋੜ ਪੈਣ ’ਤੇ ਸ਼ਹਾਦਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੇ ਵਿਰਾਸਤੀ ਹੱਕਾਂ ਦੀ ਲੜਾਈ ਲਈ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਤੇ ਨੌਜਵਾਨ ਸੰਘਰਸ਼ ਕਰ ਰਹੇ ਹਨ।

ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾ ਕੇ ਹੱਕ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਰਤਮਾਨ ਹੁਕਮਰਾਨ ਸਰਮਾਏਦਾਰ ਧਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ, ਇਸ ਲਈ ਖ਼ਾਲਸਾ ਪੰਥ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਵੇ। ਉਨ੍ਹਾਂ ਕਰੋਨਾਵਾਇਰਸ ਮਹਾਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਸਿੱਖ ਕੌਮ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਗੁਰਮਤਿ ਦੀ ਰੌਸ਼ਨੀ ਵਿੱਚ ਕਰੇ। ਉਨ੍ਹਾਂ ਘੱਟ ਗਿਣਤੀਆਂ, ਅਨੁਸੂਚਿਤ ਵਰਗਾਂ, ਆਦਿਵਾਸੀਆਂ ਸਣੇ ਹਰ ਆਮ ਨਾਗਰਿਕ ਦੇ ਅਧਿਕਾਰ ਖੋਹਣ ’ਤੇ ਫ਼ਿਕਰ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਆਦਿ ਨੇ ਵੀ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨੂੰ ਸਿਰੋਪਾਓ ਨਾਲ ਸਨਮਾਨਿਆ ਗਿਆ।

  • 1K
  •  
  •  
  •  
  •