ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਕੇ ਦਿੱਲੀ ਵੱਲ ਕੀਤਾ ਕੂਚ

ਅੰਮ੍ਰਿਤਸਰ: ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਦਿੱਤੇ ਪ੍ਰੋਗਰਾਮ ਤਹਿਤ ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਸਿੱਖ ਯੂਥ ਆਫ਼ ਪੰਜਾਬ ਨੇ ਕਿਸਾਨ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਸਿਰਸਾ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਉਪਰੰਤ ਕਿਸਾਨਾਂ ਦੇ ਹੱਕ ਮੰਗਣ ਲਈ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ।

ਮਾਰਚ ਦੀ ਅਗਵਾਈ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਭਾਈ ਮੰਗਲ ਸਿੰਘ ਨੇ ਅਰਦਾਸ ਕੀਤੀ ਤੇ ਮਾਰਚ ਦੇ ਆਗੂ ਬਲਦੇਵ ਸਿੰਘ ਸਿਰਸਾ ਨੂੰ ਸਿਰੋਪਾਓ ਭੇਟ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ, ਬਲਦੇਵ ਸਿੰਘ ਸਿਰਸਾ, ਕੰਵਰਪਾਲ ਸਿੰਘ ਬਿੱਟੂ ਤੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ 30 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇਹ ਮਾਰਚ ਨਰਿੰਦਰ ਮੋਦੀ ਸਰਕਾਰ ਦੇ ਨਾਦਰਸ਼ਾਹੀ ਫੈਸਲਿਆਂ ਅਤੇ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਦਾ ਫ਼ਤਵਾ ਹੋਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇਣਾ ਮੋਦੀ ਸਰਕਾਰ ਦਾ ਇਹ ਹੋਰ ਪਾਖੰਡ ਹੈ। ਕੇਂਦਰ ਕਿਸਾਨੀ ਮਸਲੇ ਦਾ ਹੱਕੀ ਤੇ ਜਾਇਜ ਹੱਲ ਕਰਨ ਲਈ ਨਾ ਤਾਂ ਸੰਜੀਦਾ ਹੈ ਤੇ ਨਾ ਹੀ ਇਮਾਨਦਾਰ। ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਆਪਣੇ ਬਾਰਡਰ ਸੀਲ ਕਰਨ ਦੇ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕੋਝੇ ਹੱਥਕੰਡਿਆਂ ‘ਤੇ ਉੱਤਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਖੱਟਰ ਦੇ ਇਸ ਨਾਦਰਸ਼ਾਹੀ ਫੈਸਲੇ ਨੇ 1982 ਵਿੱਚ ਏਸ਼ੀਆਈ ਖੇਡਾਂ ਮੌਕੇ ਉਸ ਵੇਲੇ ਦੇ ਹਰਿਆਣਾ ਦੇ ਮੁੱਖ ਮੰਤਰੀ ਭਜਨ ਲਾਲ ਦਾ ਹਰਿਆਣਾ ਬਾਰਡਰ ਸੀਲ ਕਰਨਾ ਤੇ ਸਿੱਖਾਂ ‘ਤੇ ਹਰਿਆਣਾ ਲੰਘਣ ‘ਤੇ ਲਗਾਈ ਪਾਬੰਦੀ ਦੀ ਕੌੜੀ ਯਾਦ ਚੇਤੇ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਧਮਕੀਆਂ ਤੋਂ ਨਾ ਤਾਂ ਕਦੇ ਸਿੱਖ ਡਰੇ ਹਨ ਤੇ ਨਾ ਹੀ ਡਰਣਗੇ। ਪੰਜਾਬ ਦੇ ਲੋਕ ਦਿੱਲੀ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ਵਿੱਚ ਹਨ ਕਿਉਂਕਿ ਕੇਂਦਰ ਨੇ ਹਮੇਸ਼ਾਂ ਹੀ ਪੰਜਾਬ ਦੇ ਪਾਣੀ, ਜਵਾਨੀ ਤੇ ਕਿਸਾਨੀ ਨੂੰ ਲੁੱਟਣ ਤੇ ਉਜਾੜਨ ਦੀਆਂ ਚਾਲਾਂ ਚੱਲੀਆਂ ਹਨ।

  • 203
  •  
  •  
  •  
  •