ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਕੇਂਦਰ ਸਰਕਾਰ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ’ਚ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਭੇਟ ਕੀਤਾ ਗਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਕੇਂਦਰ ਇਹ ਲਾਂਘਾ ਕਿਉਂ ਨਹੀਂ ਖੋਲ੍ਹ ਰਿਹਾ, ਅਜਿਹਾ ਕੋਵਿਡ-19 ਕਾਰਨ ਹੈ ਜਾਂ ਨਹੀਂ, ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਲੇ ਪਾਸੇ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਹੈ ਤੇ ਭਾਰਤ ਵਾਲੇ ਪਾਸੇ ਦਾ ਲਾਂਘਾ ਵੀ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ ਤੇ ਜਲਦੀ ਹੀ ਉਹ ਇਸ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਕੇਂਦਰ ਤੇ ਪੰਜਾਬ ਦੇ ਕਿਸਾਨਾਂ ਵਿੱਚ ਗੱਲਬਾਤ ਹੋ ਜਾਵੇ। ਉਹ ਇਸ ਮਸਲੇ ਨੂੰ ਨਿਬੇੜਨ ਦੇ ਹੱਕ ਵਿੱਚ ਹਨ ਪਰ ਭਾਰਤ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਪਹਿਲਾਂ ਤਿਆਰ ਤਾਂ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਨੇਕਾਂ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨਾਂ ਵਿਚ ਤਿੱਖਾ ਸੰਘਰਸ਼ ਕਰ ਰਹੇ ਹਨ ਤਾਂ ਲਾਜ਼ਮੀ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਕਾਰਨ ਚਿੰਤਾ ਵਿਚ ਹਨ।

  • 92
  •  
  •  
  •  
  •