ਕੇਂਦਰ ਨੇ ਕਿਸਾਨਾਂ ਨੂੰ ਅੱਜ ਮੀਟਿੰਗ ਲਈ ਭੇਜਿਆ ਸੱਦਾ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਰੱਦ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਨੂੰ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅੱਜ ਵਿਗਿਆਨ ਭਵਨ ਵਿਖੇ ਦੁਪਹਿਰ 3 ਵਜੇ ਮੀਟਿੰਗ ਲਈ ਸੱਦਿਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਨਾਂ ਸ਼ਰਤ ਕਿਸਾਨਾਂ ਨਾਲ ਮੀਟਿੰਗ ਰੱਖ ਕੇ ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕ ਦਿੱਤੇ ਹਨ।

ਬਾਕੀ ਜਥੇਬੰਦੀਆਂ ਦੇ ਮੀਟਿੰਗ ‘ਚ ਜਾਣ ਦੇ ਫੈਸਲੇ ਤੋਂ ਪਹਿਲਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਬੈਠਕ ‘ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਸਰਕਾਰ ਵਲੋਂ ਚਿੱਠੀ ਆਈ, ਜਿਸ ‘ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ, ਇਹ ਦੇਸ਼ ਦੇ ਕਿਸਾਨਾਂ ‘ਚ ਫੁੱਟ ਪਾਉਣ ਵਾਲੀ ਗੱਲ ਹੈ। ਪੰਧੇਰ ਨੇ ਕਿਹਾ ਕਿ ਅਸੀਂ ਬੈਠਕ ‘ਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜਾ ਫ਼ੈਸਲਾ ਸੁਣਾਇਆ ਕਿ ਖੇਤੀ ਕਾਨੂੰਨ ਬਹੁਤ ਵਧੀਆ ਹਨ ਤਾਂ ਇਸ ਤੋਂ ਇਸ ਤਰ੍ਹਾਂ ਦੇ ਮਾਹੌਲ ‘ਚ ਗੱਲਬਾਤ ਦਾ ਅੰਦਾਜ਼ਾ ਅਸੀਂ ਲਗਾ ਲਿਆ ਹੈ।

  • 168
  •  
  •  
  •  
  •