ਕਿਸਾਨੀ ਸੰਘਰਸ਼ ’ਤੇ ਫ਼ਿਰਕਾਪ੍ਰਸਤੀ ਦੇ ਦੋਸ਼ ਲਾਉਣੇ ਗ਼ਲਤ: ਜਥੇਦਾਰ ਅਕਾਲ ਤਖ਼ਤ

ਪਟਿਆਲਾ: ਦਿੱਲੀ ਦੇ ਸਿੰਘੂ ਬਾਰਡਰ ‘ਤੇ ਚੱਲ ਰਿਹਾ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਕੇਵਲ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਦੀ ਲੜਾਈ ਨਾ ਹੋ ਕੇ ਅੱਜ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਲੜਾਈ ਬਣ ਚੁੱਕਿਆ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਸਾਨੀ ਸੰਘਰਸ਼ ਸਬੰਧੀ ਕੇਂਦਰ ਸਰਕਾਰ ਨੂੰ ‘ਸਰਕਾਰ ਗੂੰਗੀ ਹੈ’ ਆਖ ਕੇ ਨਾਕਾਰਾਤਮਕ ਰਵੱਈਆ ਛੱਡਣਾ ਦੀ ਅਪੀਲ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਲਿਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਰਾਵਾਂ ਦੇ ਸ਼ੰਕਿਆਂ ਅਤੇ ਭਰਮ ਭੁਲੇਖੇ ਦੂਰ ਕਰਨ ਦੀ ਲੋੜ ਸੀ ਅੱਜ ਜਦੋਂ ਅੰਨਦਾਤਾ ਕਿਸਾਨ ਆਪਣੀ ਜ਼ਮੀਨ ਅਤੇ ਕਿਸਾਨੀ ਨੂੰ ਬਚਾਉਣ ਲਈ ਹਕੂਮਤ ਸਰਕਾਰ ਤੋਂ ਜਵਾਬ ਲੈਣਾ ਚਾਹੁੰਦਾ ਹੈ ਤਾਂ ਸਰਕਾਰ ਨੂੰ ਕਿਸਾਨਾਂ ਨਾਲ ਲੁਕਵਾਂ ਏਜੰਡਾ ਛੱਡਕੇ ਕਿਸਾਨੀ ਮਸਲੇ ਦਾ ਹੱਲ ਕਰਨਾ ਚਾਹੀਦਾ।

ਇੱਕ ਸਵਾਲ ਦੇ ਜਵਾਬ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸਿੱਖ ਸੰਸਥਾਵਾਂ ਵੱਲੋਂ ਨਿਰਵਿਘਨ ਲੰਗਰ ਸੇਵਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਖਾਲਿਸਤਾਨੀ ਜਾਂ ਅੱਤਵਾਦੀ ਧਿਰਾਂ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੂਰੀ ਏਕਤਾ ਤੇ ਵਿਸ਼ਵਾਸ ਨਾਲ ਲੜਾਈ ਲੜੀ ਜਾ ਰਹੀ ਹੈ ਇਸ ਦੌਰਾਨ ਸਮਾਜ ਦੇ ਮਾੜੇ ਅਨਸਰਾਂ ਵੱਲੋਂ ਅਜਿਹੀਆਂ ਟਿੱਪਣੀਆਂ ਕਰਕੇ ਕੇਵਲ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਦੇ ਵੀ ਸਫਲ ਨਹੀਂ ਹੋ ਸਕਦੀ। ਸਿੰਘ ਸਾਹਿਬ ਨੇ ਆਖਿਆ ਕਿ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਾਂਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੋਸ਼ਲ ਮੀਡੀਆ ਤੋਂ ਗੁਰਬਾਣੀ ਨਾਲ ਜੁੜਨ ਦੀ ਲੋੜ ਹੈ।

  • 56
  •  
  •  
  •  
  •