ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਕਾਸ਼ ਸਿੰਘ ਬਾਦਲ ਨੇ ‘ਪਦਮ ਵਿਭੂਸ਼ਣ’ ਕੀਤਾ ਵਾਪਸ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਹਾਲਾਂਕਿ ਭਾਜਪਾ ਦੀ ਭਾਈਵਾਲ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਤਿੱਖੇ ਸੰਘਰਸ਼ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਗਿਆ ਸੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਵਿਭੂਸ਼ਣ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਸ ਦਿੱਤਾ।

ਆਪਣੇ ਪਦਮ ਵਿਭੂਸ਼ਣ ਨੂੰ ਵਾਪਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ, ‘ਮੈਂ ਇੰਨਾ ਗਰੀਬ ਹਾਂ ਕਿ ਮੇਰੇ ਕੋਲ ਕਿਸਾਨਾਂ ਲਈ ਕੁਰਬਾਨ ਕਰਨ ਲਈ ਹੋਰ ਕੁਝ ਨਹੀਂ, ਮੈਂ ਜੋ ਵੀ ਹਾਂ ਕਿਸਾਨਾਂ ਕਰਕੇ ਹਾਂ। ਅਜਿਹੀ ਸਥਿਤੀ ਵਿੱਚ ਜੇਕਰ ਕਿਸਾਨਾਂ ਦਾ ਅਪਮਾਨ ਹੁੰਦਾ ਹੈ ਤਾਂ ਕਿਸੇ ਕਿਸਮ ਦਾ ਸਤਿਕਾਰ ਰੱਖਣ ਦਾ ਕੋਈ ਫਾਇਦਾ ਨਹੀਂ।”

ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਕਿ ਕਿਸਾਨਾਂ ਨਾਲ ਜਿਸ ਤਰ੍ਹਾਂ ਦੀ ਧੋਖਾਧੜੀ ਕੀਤੀ ਗਈ ਹੈ, ਉਨ੍ਹਾਂ ਨੂੰ ਬਹੁਤ ਠੇਸ ਪਹੁੰਚੀ ਹੈ। ਗਲਤ ਦ੍ਰਿਸ਼ਟੀਕੋਣ ਤੋਂ ਕਿਸ ਤਰ੍ਹਾਂ ਕਿਸਾਨਾਂ ਦੀ ਲਹਿਰ ਪੇਸ਼ ਕੀਤੀ ਜਾ ਰਹੀ ਹੈ ਇਹ ਦੁਖਦਾਈ ਹੈ।”

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੇਂਦਰ ਸਰਕਾਰ ਵੱਲੋਂ ਸਰਵਉੱਚ ਪੁਰਸਕਾਰ ‘ਪਦਮ ਵਿਭੂਸ਼ਣ ਐਵਾਰਡ’ 2015 ‘ਚ ਦਿੱਤਾ ਗਿਆ ਸੀ।

  • 106
  •  
  •  
  •  
  •