ਕਿਸਾਨਾਂ ਤੇ ਸਰਕਾਰ ਵਿਚਾਲੇ ਚੌਥੇ ਗੇੜ ਦੀ ਗੱਲਬਾਤ ਵੀ ਰਹੀ ਬੇਸਿੱਟਾ

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਚੌਥੇ ਗੇੜ ਦੀ ਗੱਲਬਾਤ ਇੱਕ ਫਾਰ ਫਿਰ ਬੇ-ਨਤੀਜਾ ਰਹੀ ਹੈ। ਦੋਵੇਂ ਧਿਰਾਂ ਅਗਲੇ ਗੇੜ ਦੀ ਗੱਲਬਾਤ ਲਈ ਹੁਣ 5 ਦਸੰਬਰ ਨੂੰ ਮੁੜ ਇਕੱਠੀਆਂ ਹੋਣਗੀਆਂ। ਹਾਲਾਂਕਿ ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਸ਼ਨਿਚਰਵਾਰ ਨੂੰ ਹੋਣ ਵਾਲੀ ਬੈਠਕ ਦਾ ਬਾਈਕਾਟ ਕਰ ਸਕਦੇ ਹਨ।

ਵਿਗਿਆਨ ਭਵਨ ਵਿੱਚ ਕਰੀਬ ਸੱਤ ਘੰਟੇ ਚੱਲੀ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਵੱਲੋਂ ਦੁਪਹਿਰ ਦਾ ਭੋਜਨ ਅਤੇ ਚਾਹ-ਪਾਣੀ ਦੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਂਝ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸਰਕਾਰ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਨਕਾਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਮੁਤਾਬਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿੱਚ ਕੁਝ ਤਬਦੀਲੀ ਕਰਨ ਲਈ ਤਿਆਰ ਹੋ ਗਈ ਹੈ। ਉਂਝ ਕਿਸਾਨ ਅਜੇ ਵੀ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦਿੱਤੇ ਜਾਣ ਤੱਕ ਧਰਨੇ ਲਈ ਬਜ਼ਿੱਦ ਹਨ। ਧਰਨਿਆਂ ’ਤੇ ਬੈਠੇ ਕਿਸਾਨ ਆਏ ਦਿਨ ਹੋਣ ਵਾਲੀਆਂ ਬੇਸਿੱਟਾ ਬੈਠਕਾਂ ਤੋਂ ਅੱਕ ਚੁੱਕੇ ਹਨ।

ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਏਪੀਐੱਸਸੀ ਨੂੰ ਹੋਰ ਮਜ਼ਬੂਤ ਕਰਨ ਤੇ ਵਿਚਾਰ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਅਸੀਂ ਕਾਨੂੰਨਾਂ ‘ਚ ਤਬਦੀਲੀਆਂ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅੰਦੋਲਨ ਕਾਰਨ ਦਿੱਲੀ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

  • 76
  •  
  •  
  •  
  •