ਕਿਸਾਨੀ ਸੰਘਰਸ਼: ਸਿੱਖ ਜਥੇਬੰਦੀਆਂ ਵੱਲੋਂ ਵੀ ਭਾਰਤ ਬੰਦ ਦੀ ਹਮਾਇਤ

ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਵੱਖ-ਵੱਖ ਸਿੱਖ ਸੰਸਥਾਵਾਂ ਨੇ ਸਮਰਥਨ ਕਰਨ ਤੇ ਆਪਣੇ ਦਫ਼ਤਰ ਤੇ ਸਬੰਧਤ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸਰਬੱਤ ਖ਼ਾਲਸਾ ਸੰਮੇਲਨ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਹਵਾਰਾ ਕਮੇਟੀ ਵਲੋਂ ਗਠਿਤ 21 ਮੈਂਬਰੀ ਹਵਾਰਾ ਕਮੇਟੀ ਨੇ ਕਿਸਾਨੀ ਬਚਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਹੈ। ਦਲ ਖ਼ਾਲਸਾ ਵੱਲੋਂ ਵੀ ਬੰਦ ਦਾ ਸਮਰਥਨ ਕੀਤਾ ਗਿਆ ਹੈ।

ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਵਲੋਂ 8 ਦਸੰਬਰ ਨੂੰ ਆਪਣੇ ਸਮੂਹ ਸੀਕੇਡੀ ਦਫਤਰ ਅਤੇ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਧਾਰਮਿਕ ਵਿੰਗ ਦੇ ਬੁਲਾਰੇ ਭਾਈ ਮੋਹਕਮ ਸਿੰਘ, ਬੁਲਾਰੇ ਮਨਜੀਤ ਸਿੰਘ ਭੋਮਾ ਦੇ ਜਸਬੀਰ ਸਿੰਘ ਘੁੰਮਣ ਤੋਂ ਇਲਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਵੀ ਬੰਦ ਦੇ ਸੱਦੇ ਦੀ ਹਮਾਇਤ ਕੀਤੀ।

ਜਿਕਰਯੋਗ ਹੈ ਕਿ ਵਰਲਡ ਸਿੱਖ ਪਾਰਲੀਮੈਂਟ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਦਿੱਲੀ ਕਿਸਾਨ ਮੋਰਚੇ ਦੌਰਾਨ ਜਾਨਾਂ ਗੁਆ ਚੁੱਕੇ 3 ਕਿਸਾਨਾਂ ਦੇ ਪਰਿਵਾਰਾਂ ਨੂੰ ਲੱਖ-ਲੱਖ ਰੁਪਏ ਆਰਥਿਕ ਸਹਾਇਤਾ ਭੇਟ ਕੀਤੀ ਗਈ। ਹਵਾਰਾ ਕਮੇਟੀ ਦੇ ਆਗੂ ਐਡਵੋਕੇਟ ਅਮਰ ਸਿੰਘ ਚਹਿਲ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜਾਨਾਂ ਅਜਾਈਂ ਨਹੀਂ ਜਾਣਗੀਆਂ ਅਤੇ ਕਿਸਾਨ ਸੰਘਰਸ਼ ਜੇਤੂ ਰਹੇਗਾ। ਵਰਲਡ ਸਿੱਖ ਪਾਰਲੀਮੈਂਟ ਦੇ ਹਿੰਮਤ ਸਿੰਘ ਤੇ ਭਾਈ ਜੋਗਾ ਸਿੰਘ ਨੇ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਸਿੱਖ ਕਿਸਾਨਾਂ ਨਾਲ ਖੜ੍ਹੇ ਹਨ।

  •  
  •  
  •  
  •  
  •