ਸਿੱਖ ਸੰਗਤ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਕਿਸਾਨਾਂ ਦੇ ਹੱਕ ‘ਚ ਕੱਢਿਆ ਗਿਆ ਰੋਸ ਮਾਰਚ

ਨਨਕਾਣਾ ਸਾਹਿਬ: ਪਾਕਿਸਤਾਨ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਲ ਰੈਲੀ ਕੀਤੀ ਗਈ ‘ਤੇ ਉਪਰੰਤ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸਮੂਹ ਨਨਕਾਣਾ ਸਾਹਿਬ ਦੀ ਸੰਗਤ ਤੋਂ ਇਲਾਵਾ ਲਾਹੌਰ ਤੋਂ ਵੀ ਸੰਗਤਾਂ ਪਹੁੰਚੀਆਂ ਹੋਈਆਂ ਸਨ। ਇਸ ਰੈਲੀ ਵਿੱਚ ਉਚੇਚੇ ਤੋਰ ‘ਤੇ ਨਨਕਾਣਾ ਸਾਹਿਬ ਦੇ ਮੁਸਲਿਮ, ਮਸੀਹ ਅਤੇ ਹਿੰਦੂਆਂ ਤੋਂ ਇਲਾਵਾ ਗੁਰੂ ਨਾਨਕ ਸਾਹਿਬ ਜੀ ਮਿਸ਼ਨ ਧਾਰਮਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।’

ਗੁਰਦੁਅਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਵੱਖ-ਵੱਖ ਬੁਲਾਰਿਆ ਨੇ ਆਪਣੇ-ਆਪਣੇ ਵੀਚਾਰ ਰੱਖੇ ਜਿਸ ਵਿੱਚ ਚਲ ਰਹੇ ਕਿਸਾਨ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਸ੍ਰ, ਅਮੀਰ ਸਿੰਘ ਜਰਨਲ ਸਕੱਤਰ (ਪੀ.ਐਸ.ਜੀ.ਪੀ.ਸੀ) ਨੇ ਕਿਹਾ ਕਿ ਹਿੰਦੋਸਤਾਨ ਸਰਕਾਰ ਵੱਲੋਂ ਲਾਗੂ ਕੀਤੇ ਤਿੰਨੇ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਸਮੁੱਚੇ ਕਿਸਾਨ ਅੰਦੋਲਨ ਵਿੱਚ ਪੰਜਾਬ ਵੱਲੋਂ ਦਿਖਾਈ ਜਾ ਰਹੀ ਇੱਕਮੁਠਤਾ ਅਤੇ ਕੀਤੇ ਜਾ ਰਹੇ ਅੰਦੋਲਨ ਦੀ ਸਲਾਘਾ ਕੀਤੀ ਗਈ।

ਕਿਸਾਨਾਂ ਦੇ ਸਮਰਥਨ ‘ਚ ਨਨਕਾਣਾ ਸਾਹਿਬ ਦੇ ਮੁਸਲਿਮ ਵੀਰਾਂ ਅਤੇ ਅਲਾਮਾ ਸਾਹਿਬਾਨ ਅਤੇ ਮਸੀਹ ਲੀਡਰਾਂ ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਹਿੰਦੋਸਤਾਨ ਦੀ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਆਪਣੇ ਸਮਰਥਨ ਦਾ ਐਲਾਨ ਕੀਤਾ ਅਤੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਨੂੰ ਵੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਮੌਕੇ ਬੁਲਾਉਣ ‘ਤੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸ੍ਰ. ਜਨਮ ਸਿੰਘ ਨੇ ਜਿੱਥੇ ਯੂ.ਐਨ.ਓ ਅਤੇ ਟਰੂਡੋ ਦਾ ਪਾਰਲੀਮੈਂਟ ਵਿਚ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ‘ਤੇ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਦੁਨੀਆਂ ਭਰ ਦੇ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਤਾਂ ਕਿ ਅੰਨ ਦਾਤੇ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਅੱਜ ਦੇ ਦਿਨ ਸਾਨੂੰ ਉਨ੍ਹਾਂ ਖਿਡਾਰੀਆਂ ਕਵੀਆਂ ਦਾ ਵੀ ਧੰਨਵਾਦ ਕਰਨਾ ਚਾਹੀਦਾ ਹੈ ਜਿੰਨ੍ਹਾਂ ਨੇ ਹਿੰਦੋਸਤਾਨ ਦੀ ਸਰਕਾਰ ਵੱਲੋਂ ਮਿਲੇ ਬਹੁਤ ਵੱਡੇ-ਵੱਡੇ ਐਵਾਰਡਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਲੱਤ ਮਾਰ ਦਿੱਤੀ ਅਤੇ ਵਾਪਸ ਕਰ ਦਿੱਤੇ।

  • 124
  •  
  •  
  •  
  •