ਅਮਿਤ ਸ਼ਾਹ ਨਾਲ ਹੋਈ ਕੁੱਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 13 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼-ਵਿਆਪੀ ਬੰਦ ਵੀ ਕੀਤਾ। ਇਸ ਦਰਮਿਆਨ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਮੀਟਿੰਗ ਬੇਨਤੀਜਾ ਰਹੀ ਹੈ।

ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੋਂ ਬਿਲਕੁਲ ਇਨਕਾਰ ਕਰ ਦਿੱਤਾ। ਸ਼ਾਹ ਨੇ ਸਾਫ਼ ਕਰ ਦਿੱਤਾ ਕਿ ਸਰਕਾਰ ਖੇਤੀ ਕਾਨੂੰਨਾਂ ਵਿੱਚ ਸੋਧ ਲਈ ਤਾਂ ਤਿਆਰ ਹੈ, ਪਰ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਿਆ ਜਾਵੇਗਾ। ਸਰਕਾਰ ਦੇ ਇਸ ਜਵਾਬ ਤੋਂ ਬਾਅਦ ਕਿਸਾਨ ਆਗੂਆਂ ਨੇ ਅੱਜ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ 6ਵੇਂ ਗੇੜ ਦੀ ਮੀਟਿੰਗ ਤੋਂ ਨਾਂਹ ਕਰ ਦਿੱਤੀ ਹੈ। ਸ਼ਾਹ ਨਾਲ ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਦਿਨੇ 12 ਵਜੇ ਹੋਵੇਗੀ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਜਾਣ ਵਾਲੇ ਮਤਿਆਂ ’ਤੇ ਵਿਚਾਰ ਚਰਚਾ ਮਗਰੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10 ਦਸੰਬਰ ਨੂੰ ਮੀਟਿੰਗ ਰੱਖਣ ਦਾ ਵੀ ਸੁਝਾਅ ਦਿੱਤਾ, ਪਰ ਉਨ੍ਹਾਂ ਸਾਫ਼ ਕਰ ਦਿੱਤਾ ਕਿ ਇਸ ਬਾਰੇ ਸਰਕਾਰ ਦੇ ਮਤਿਆਂ ਨੂੰ ਵੇਖਣ ਮਗਰੋਂ ਹੀ ਕੋਈ ਫੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਸ਼ਾਹ ਤੋਂ ਇਲਾਵਾ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨ ਯੂਨੀਅਨਾਂ ਦੇ ਕੁਝ ਚੋਣਵੇਂ ਆਗੂਆਂ ਨਾਲ ਸਵਾ ਦੋ ਘੰਟੇ ਦੇ ਕਰੀਬ ਗ਼ੈਰ-ਰਸਮੀ ਮੁਲਾਕਾਤ ਕੀਤੀ। ਇਨ੍ਹਾਂ ਚੋਣਵੇਂ ਆਗੂਆਂ ਵਿੱਚੋਂ ਅੱਠ ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ। ਉਧਰ ਕੇਂਦਰ ਸਰਕਾਰ ਨੇ ਆਪਣੀ ਕੈਬਨਿਟ ਦੀ ਅੱਜ ਬੁੱਧਵਾਰ ਸਵੇਰੇ ਸਾਢੇ ਦਸ ਵਜੇ ਮੀਟਿੰਗ ਸੱਦ ਲਈ ਹੈ। ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਕੇਂਦਰੀ ਕੈਬਨਿਟ ਖੇਤੀ ਕਾਨੂੰਨਾਂ ਵਿੱਚ ਕੁਝ ਸੋਧਾਂ ਨੂੰ ਹਰੀ ਝੰਡੀ ਦੇ ਸਕਦੀ ਹੈ।

  • 99
  •  
  •  
  •  
  •