ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤਾ ਵਿਵਾਦਤ ਬਿਆਨ

ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਦਿੱਲੀ ਬਾਰਡਰ ‘ਤੇ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਅੱਜ ਉਸ ਸਮੇਂ ਢਾਹ ਲੱਗ ਜਦੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਚ ਤੋਂ ਵਿਵਾਦਮਈ ਬਿਆਨ ਦਾਗੇ। ਜਿਸ ਤੋਂ ਬਾਅਦ ਸ਼ੋਸ਼ਲ ਮੀਡੀਆ ਅਤੇ ਆਮ ਲੋਕਾਂ ਵਿਚ ਇਹ ਚਰਚਾ ਦਾ ਵਿਸ਼ਾ ਬਣ ਗਏ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਦੀਪ ਸਿੱਧੂ ਨੂੰ ਆਰਐੱਸਐੱਸ ਤੇ ਭਾਜਪਾ ਦਾ ਏਜੰਟ ਕਹਿਣ ਦਾ ਕਾਫ਼ੀ ਵਿਰੋਧ ਹੋਇਆ ਸੀ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਤੋਂ ਇਲਾਵਾ ਇੱਕ ਖਾਸ ਖੱਬੇ ਪੱਖੀ ਧੜ੍ਹੇ ਦੇ ਬੰਦੀ ਕੈਦੀਆਂ ਲਈ ਆਮ ਲੋਕਾਂ ਦੇ ਹੱਥਾਂ ਵਿਚ ਉਨ੍ਹਾਂ ਦੀਆਂ ਫੋਟੋਆਂ ਫੜ੍ਹਾ ਕੇ ਰਿਹਾਈ ਦੀ ਮੰਗ ਕੀਤੀ ਗਈ ਸੀ। ਜਿਸ ਦਾ ਭਾਰੀ ਵਿਰੋਧ ਹੋਇਆ ਸੀ

ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਿੰਘੂ ਬਾਰਡਰ ਦੀ ਮੁੱਖ ਸਟੇਜ ‘ਤੋਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਰਚੇ ਦੇ ਵਿਚ ਲੱਗੇ ਨਿਸ਼ਾਨ ਸਾਹਿਬ ਨਾਲ ਸੰਘਰਸ਼ ਨੂੰ ਖਾਲਿਸਤਾਨੀ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੇ ਵਿਰੋਧੀਆਂ ਨੂੰ ਬੋਲਣ ਦਾ ਮੌਕਾ ਮਿਲਦਾ ਹੈ। ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਕਟਰਾਂ ਅਤੇ ਟਰਾਲੀਆਂ ਤੋਂ ਵੀ ਇਹ ਝੰਡੇ ਉਤਾਰ ਦੇਣ।

ਉਨ੍ਹਾਂ ਨੇ ਇਸ ਤੋਂ ਇਲਾਵਾ ਨਿਹੰਗ ਸਿੰਘਾਂ ਨੂੰ ਆਪਣਾ ਕਾਫ਼ਲਾ ਮੋਰਚੇ ਤੋਂ ਬਾਹਰ ਲਿਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਲੇ ਇੱਥੇ ਨਿਹੰਗ ਸਿੰਘਾਂ ਦੀ ਕੋਈ ਲੋੜ ਨਹੀਂ। ਇਹ ਇੱਕ ਸ਼ਾਂਤਮਈ ਅੰਦੋਲਨ ਹੈ। ਇੱਥੇ ਉਨ੍ਹਾਂ ਦੀ ਕੋਈ ਜ਼ਰੂਰਤ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਸਟੇਜ ਤੋਂ ਬਿਆਨ ਦਿੱਤਾ ਕਿ ਰਵਨੀਤ ਬਿੱਟੂ ਦੀ ਕੋਈ ਕੁਰਬਾਨੀ ਨਹੀਂ, ਉਹ ਤਾਂ ਸਿਰਫ਼ ਆਪਣੇ ਦਾਦੇ ਬੇਅੰਤ ਸਿੰਘ ਦੀ ਕੁਰਬਾਨੀ ਦਾ ਖੱਟਿਆ ਖਾ ਰਿਹਾ ਹੈ। ਬਲਬੀਰ ਸਿੰਘ ਰਾਜੇਵਾਲ ਦੇ ਇਸ ਵਿਵਾਦਮਈ ਬਿਆਨਾਂ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਇਹ ਮੁੱਦਾ ਭਖ ਚੁੱਕਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਹ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਇੱਕ ਸੋਚੀ ਸਮਝੀ ਸਾਜਿਸ਼ ਹੈ।

  • 202
  •  
  •  
  •  
  •