ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ: ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਅਨੇਕਾਂ ਸਿੰਘਾਂ ਦੀ ਸ਼ਹਾਦਤ ਦਾ ਪੰਦਰਵਾੜਾ ਮਨਾ ਰਹੀ ਹੈ। ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਦਿੱਲੀ ਅੰਦੋਲਨ ਕਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਇੱਕ ਸੱਚੀ ਸ਼ਰਧਾਜਲੀਂ ਦੇਵੇ।

ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਅੱਜ ਸਾਰੀ ਦੁਨੀਆ ’ਚ ਹਰੇਕ ਵਰਗ ਦੇ ਲੋਕ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ਸਮਝ ਰਹੇ ਹਨ ਅਤੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਨਿਮਾਣੀ ਜਿਹੀ ਮਦਦ ਕਰਦਿਆਂ ਪਰਿਵਾਰ ਨੂੰ 1-1 ਲੱਖ ਰੁਪਏ ਭੇਟ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਸਿੰਘੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਹਰ ਸੰਭਵ ਸੇਵਾ ਕਰ ਰਹੀ ਹੈ।

ਪਿਛਲੇ ਕਈ ਮਹੀਨਿਆਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਕਾਰਜਕਾਰੀ ਤੌਰ ’ਤੇ ਕੰਮ ਕਰ ਰਹੇ ਹਨ। ਜਥੇਦਾਰ ਦੀ ਪੱਕੀ ਤੌਰ ’ਤੇ ਨਿਯੁਕਤੀ ਕਿਉਂ ਨਹੀਂ ਹੋ ਰਹੀ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਵੱਡਾ ਫੈਸਲਾ ਹੈ ਅਤੇ ਇਸ ਅਹੁਦੇ ’ਤੇ ਬਿਰਾਜਮਾਨ ਵਿਅਕਤੀ ਸਿਧਾਂਤਕ ਤੌਰ ’ਤੇ ਪਰਪੱਕ ਹੋਣਾ ਚਾਹੀਦਾ ਹੈ। ਇਸ ਲਈ ਕਈ ਵਾਰ ਪ੍ਰਕਿਰਿਆ ਮੁਕੰਮਲ ਹੋਣ ਨੂੰ ਸਮਾਂ ਲੱਗ ਜਾਂਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਦੇ ਭਖਦੇ ਮਾਮਲੇ ਬਾਰੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਲਈ ਅਜਿਹਾ ਸ਼ਬਦ (ਗਾਇਬ) ਉਹ ਵਰਤ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਨੇ ਰਿਕਾਰਡ ’ਚ ਦਰਜ ਕੀਤੇ ਬਿਨ੍ਹਾਂ 328 ਸਰੂਪ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਭੇਟ ਕਰ ਦਿੱਤੇ, ਜਿਨ੍ਹਾਂ ਦੀ ਭੇਟਾ ਅਤੇ ਰਿਕਾਰਡ ਦਰਜ ਨਹੀਂ ਕੀਤਾ ਪਰ ਕੁਝ ਵਿਅਕਤੀਆਂ ਵਲੋਂ ਇਸ ਨੂੰ ਗਲਤ ਰੰਗਤ ਦੇ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ ਅਤੇ ਜੇਕਰ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਨੇ ਕੋਈ ਕੁਤਾਹੀ ਕੀਤੀ ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

  • 76
  •  
  •  
  •  
  •