ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੰਡਨ ‘ਚ 26 ਜਨਵਰੀ ਨੂੰ ਕੀਤਾ ਜਾਵੇਗਾ ਵਿਸ਼ਾਲ ਰੋਸ ਮੁਜ਼ਾਹਰਾ

ਲੰਡਨ: ਬਰਤਾਨੀਆ ‘ਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ 26 ਜਨਵਰੀ ਨੂੰ ਲੰਡਨ ਸਥਿਤ ਭਾਰਤੀ ਅੰਬੈਸੀ ਮੂਹਰੇ ਰੋਸ ਮੁਜਾਹਰਾ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਹੀ 26 ਜਨਵਰੀ ਅਤੇ 15 ਅਗਸਤ ਵਾਲੇ ਦਿਨ ਭਾਰਤੀ ਅੰਬੈਸੀ ਮੂਹਰੇ ਰੋਸ ਮੁਜਾਹਰੇ ਕੀਤੇ ਜਾਂਦੇ ਹਨ।

ਫੈਡਰੇਸ਼ਨ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਿਸ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਆਖਿਆ ਕਿ ਸਿੱਖਾਂ ਦੀਆਂ ਨੱਬੇ ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ‘ਚ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਧੱਕਾ ਅਤੇ ਵਿਤਕਰਾ ਲਗਾਤਾਰ ਜਾਰੀ ਹੈ। ਇਸ ਸਾਲ 26 ਜਨਵਰੀ ਨੂੰ ਕੀਤੇ ਜਾਣ ਵਾਲੇ ਰੋਸ ਮੁਜਾਹਰੇ ‘ਚ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵਲੋਂ ਜੂਨ 1984 ਦਾ ਖੂਨੀ ਘੱਲੂਘਾਰਾ, ਨਵੰਬਰ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਅਤੇ ਸਿੱਖ ਨੌਜਵਾਨਾਂ ਦੀਆਂ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਅਣਗਿਣਤ ਸ਼ਹਾਦਤਾਂ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ। ਇਹ ਰੋਸ ਮੁਜਾਹਰਾ ਦੁਪਹਿਰ ਇੱਕ ਵਜੇ ਤੋਂ ਤਿੰਨ ਵਜੇ ਤੱਕ ਹੋਵੇਗਾ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਅਤੇ ਕਿਸਾਨ ਹਿਮਾਇਤੀਆਂ ਨੂੰ ਸੱਦਾ ਦਿੱਤਾ ਗਿਆ ਕਿ ਇਸ ਦਿਨ ਦੁਨੀਆਂ ਭਰ ਵਿੱਚ ਭਾਰਤੀ ਅੰਬੈਸੀਆਂ ਮੂਹਰੇ ਰੋਸ ਪ੍ਰਦਸ਼ਨ ਕੀਤੇ ਜਾਣ ।

  • 184
  •  
  •  
  •  
  •