ਕਿਸਾਨਾਂ ਤੇ ਸਰਕਾਰ ਵਿਚਾਲੇ ਵਿਚੋਲਗੀ ਦੀਆਂ ਖ਼ਬਰਾਂ ‘ਤੇ ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਬਿਆਨ

ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ’ਚ ਕੋਈ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਕਿਸਾਨਾਂ ਅਤੇ ਸਰਕਾਰ ਦਾ ਹੈ, ਜੋ ਕਿ ਕਾਨੂੰਨ ਨਾਲ ਜੁੜਿਆ ਹੋਇਆ ਹੈ ਅਤੇ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਜਲਦੀ ਕੱਢਣਾ ਚਾਹੀਦਾ ਹੈ।

ਦਰਅਸਲ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਮਸਲੇ ਨੂੰ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਨ੍ਹਾਂ ਚਰਚਾਵਾਂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਭਾਰਤ ਦੇ ਕਿਸਾਨਾਂ ਅਤੇ ਕਾਨੂੰਨ ਦਾ ਹੈ, ਜਿਸ ਦਾ ਭਾਰਤ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ। ਇਹ ਮਸਲਾ ਸਿੱਖ ਰਹਿਤ ਮਰਿਆਦਾ, ਕੌਮੀ ਸਿੱਖ ਮਸਲਾ ਜਾਂ ਸਿੱਖ ਸਿਧਾਂਤਾਂ ਦੇ ਵਖਰੇਵੇਂ ਆਦਿ ਦਾ ਮਸਲਾ ਨਹੀਂ ਹੈ।

ਜਥੇਦਾਰ ਨੇ ਕਿਹਾ ਉਹ ਸਮਝਦੇ ਹਨ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੀ ਭੂਮਿਕਾ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ (ਕਿਸਾਨਾਂ ਅਤੇ ਕੇਂਦਰ ਸਰਕਾਰ) ਨੂੰ ਮਿਲ-ਬੈਠ ਕੇ ਆਪਸੀ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ। ਇਸ ਮਸਲੇ ਨੂੰ ਜਿੰਨੀ ਜਲਦੀ ਹੱਲ ਕਰ ਲਿਆ ਜਾਵੇ, ਉਨਾ ਹੀ ਚੰਗਾ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੰਘਰਸ਼ ਦੌਰਾਨ ਸ਼ਾਂਤੀ, ਸੰਜਮ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਕਿਉਂਕਿ ਲੋਕਤੰਤਰ ਵਿੱਚ ਸੰਘਰਸ਼ ਇਸੇ ਤਰ੍ਹਾਂ ਹੀ ਜਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤਾਂ ਨੂੰ ਪਹਿਲਾਂ ਵੀ ਅਪੀਲ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇ।

  •  
  •  
  •  
  •  
  •