ਸੰਘੀ ਢਾਂਚੇ ‘ਤੇ ਨਵਾਂ ਹਮਲਾ; ਕੇਂਦਰ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਵਿਚ ਕੀਤੀ ਵੱਡੀ ਕਟੌਤੀ

ਚੰਡੀਗੜ੍ਹ: ਕਿਸਾਨ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਵੱਲੋਂ ਹਰ ਫ਼ੈਸਲੇ ਨਾਲ ਪੰਜਾਬ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਕੇਂਦਰ ਸਰਕਾਰ ਨੇ ਦਿਹਾਤੀ ਵਿਕਾਸ ਫੰਡ ’ਚ ਦੋ ਫ਼ੀਸਦ ਦੀ ਕਟੌਤੀ ਕਰ ਦਿੱਤੀ ਹੈ ਇਸ ਨਾਲ ਪੰਜਾਬ ਨੂੰ ਵੱਡਾ ਆਰਥਿਕ ਝਟਕਾ ਲੱਗੇਗਾ ਜਿਸ ਦਾ ਸਿੱਧਾ ਅਸਰ ਪੇਂਡੂ ਵਿਕਾਸ ਉੱਪਰ ਪਏਗਾ।

ਕੇਂਦਰ ਸਰਕਾਰ ਨੇ ਪਹਿਲਾਂ ਤਾਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਦੇ 1200 ਕਰੋੜ ਰੁਪਏ ਰੋਕ ਕੇ ਰੱਖੇ ਹੋਏ ਸਨ ਪ੍ਰੰਤੂ ਹੁਣ ਕੇਂਦਰੀ ਖੁਰਾਕ ਮੰਤਰਾਲੇ ਨੇ 19 ਜਨਵਰੀ ਨੂੰ ਪੱਤਰ ਜਾਰੀ ਕਰਕੇ ਦਿਹਾਤੀ ਵਿਕਾਸ ਫੰਡ ਤਿੰਨ ਫ਼ੀਸਦ ਤੋਂ ਘਟਾ ਕੇ ਇੱਕ ਫ਼ੀਸਦ ਕਰ ਦਿੱਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਲਈ ਇਹ ਵੱਡਾ ਝਟਕਾ ਹੈ ਅਤੇ ਸੰਘੀ ਢਾਂਚੇ ’ਤੇ ਵੀ ਹੱਲਾ ਹੈ। ਦੱਸਣਯੋਗ ਹੈ ਕਿ ਦਿਹਾਤੀ ਵਿਕਾਸ ਬੋਰਡ ਨੇ ਪੰਜਾਬ ਸਰਕਾਰ ਦੀ ਗਾਰੰਟੀ ’ਤੇ 4500 ਕਰੋੜ ਦਾ ਕਰਜ਼ਾ ਚੁੱਕਿਆ ਹੋਇਆ ਹੈ ਅਤੇ ਦਿਹਾਤੀ ਵਿਕਾਸ ਫੰਡਾਂ ’ਚੋਂ ਹੀ ਕਰਜ਼ ਦੀਆਂ ਕਿਸ਼ਤਾਂ ਵਾਪਸ ਕਰਨੀਆਂ ਹਨ ਜਿਸ ’ਚ ਹੁਣ ਮੁਸ਼ਕਲ ਬਣੇਗੀ। ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਜਾਣਾ ਪੰਜਾਬ ਨਾਲ ਵਿਤਕਰਾ ਜਾਪਦਾ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਿਣਸ ’ਤੇ ਤਿੰਨ ਫ਼ੀਸਦੀ ਮਾਰਕੀਟ ਫੀਸ ਤੇ ਤਿੰਨ ਫ਼ੀਸਦੀ ਹੀ ਦਿਹਾਤੀ ਵਿਕਾਸ ਫੰਡ ਵਸੂਲ ਕੀਤਾ ਜਾਂਦਾ ਹੈ। ਵੇਰਵਿਆਂ ਅਨੁਸਾਰ ਸੂਬੇ ਵਿੱਚ ਹਰ ਵਰ੍ਹੇ ਝੋਨੇ ਦੀ ਫਸਲ ਤੋਂ 1000 ਕਰੋੜ ਰੁਪਏ ਤੇ ਕਣਕ ਤੋਂ 750 ਕਰੋੜ ਰੁਪਏ ਦਿਹਾਤੀ ਵਿਕਾਸ ਫੰਡ ਵਜੋਂ ਪ੍ਰਾਪਤ ਹੁੰਦੇ ਹਨ। ਕੇਂਦਰ ਨੇ 1200 ਕਰੋੜ ਦੀ ਥਾਂ ਸਿਰਫ 400 ਕਰੋੜ ਰੁਪਏ ਰਿਲੀਜ਼ ਕੀਤੇ ਹਨ।

ਪੰਜਾਬ ਦਿਹਾਤੀ ਵਿਕਾਸ ਐਕਟ 1987 ਅਨੁਸਾਰ ਦਿਹਾਤੀ ਵਿਕਾਸ ਫੰਡ ਪੈਦਾਵਾਰ ਵਿਚ ਵਾਧੇ, ਕੁਦਰਤੀ ਆਫ਼ਤਾਂ ਨਾਲ ਹੋਈ ਫਸਲੀ ਨੁਕਸਾਨ ਦੇ ਮੁਆਵਜ਼ੇ, ਜਿਣਸਾਂ ਦੇ ਭੰਡਾਰਨ, ਕਿਸਾਨਾਂ ਤੇ ਡੀਲਰਾਂ ਲਈ ਰੈਸਟ ਹਾਊਸ ਬਣਾਉਣ, ਦਿਹਾਤੀ ਸੜਕਾਂ ਦੀ ਉਸਾਰੀ, ਪੇਂਡੂ ਮੈਡੀਕਲ ਤੇ ਵੈਟਰਨਰੀ ਡਿਸਪੈਂਸਰੀਆਂ, ਸਫਾਈ ਤੇ ਪੀਣ ਵਾਲੇ ਪਾਣੀ, ਖੇਤੀ ਮਜ਼ਦੂਰਾਂ ਦੀ ਭਲਾਈ ਤੇ ਦਿਹਾਤੀ ਬਿਜਲੀਕਰਨ ਲਈ ਵਰਤਿਆ ਜਾ ਸਕਦਾ ਹੈ। ਪਰ ਕੇਂਦਰ ਸਰਕਾਰ ਦੀ ਦਲੀਲ ਹੈ ਕਿ ਪੰਜਾਬ ਸਰਕਾਰ ਇਹ ਪੈਸੇ ਹੋਰਨਾਂ ਕਾਰਜਾਂ ਲਈ ਵਰਤ ਰਹੀ ਹੈ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੈਂਤੜਾ ਪੰਜਾਬ ਨੂੰ ਜਾਣਬੁੱਝ ਕੇ ਖ਼ਰਾਬ ਕਰਨਾ ਵਾਲਾ ਹੈ। ਉਹ ਪਹਿਲਾਂ ਹੀ ਪੁਰਾਣੇ ਦਿਹਾਤੀ ਵਿਕਾਸ ਫੰਡ ਦਾ ਹਿਸਾਬ-ਕਿਤਾਬ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਖ਼ਿਲਾਫ਼ ਇਸ ਮਸਲੇ ’ਤੇ ਲੜਾਈ ਲੜਨਗੇ।  ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ ਜਿਸ ਨੇ ਪ੍ਰਧਾਨ ਮੰਤਰੀ ਦੇ ਸਹਿਕਾਰੀ ਸੰਘਵਾਦ ਦੇ ਵਾਅਦੇ ਹਵਾ ’ਚ ਉੱਡਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਰਕੇ ਕੇਂਦਰ ਹੁਣ ਦਿਹਾਤੀ ਵਿਕਾਸ ਫੰਡਾਂ ’ਤੇ ਕੱਟ ਲਾ ਕੇ ਪੰਜਾਬ ਦੀ ਬਾਂਹ ਮਰੋੜਨ ਦੀ ਨੀਤੀ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵਿਤਕਰੇ ਦਾ ਜ਼ੋਰਦਾਰ ਵਿਰੋਧ ਕਰੇਗੀ।  ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਵਿੱਚ ਜਾਣ-ਬੁੱਝ ਕੇ 2 ਫ਼ੀਸਦ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।

  • 101
  •  
  •  
  •  
  •