ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦਾ ਸਨਮਾਨ ਕਰੇ ਭਾਰਤ ਸਰਕਾਰ: ਸੰਯੁਕਤ ਰਾਸ਼ਟਰ
ਦਿੱਲੀ ਵਿਚ ਬੀਤੇ ਦਿਨ ਗਣਤੰਤਰ ਦਿਵਸ ਮੌਕੇ ਹੋਈ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ‘ਤੇ ਸੰਯੁਕਤ ਰਾਸ਼ਟਰ ਦਾ ਬਿਆਨ ਆਇਆ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਅਹਿੰਸਾ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਦਾ ਸਨਮਾਨ ਕਰਨ ਦੀ ਮੰਗ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਭਾਰਤ ਸਰਕਾਰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ, ਲੋਕਾਂ ਦੇ ਇਕੱਠੇ ਹੋਣ ਦੀ ਆਜ਼ਾਦੀ ਅਤੇ ਅਹਿੰਸਾ ਦਾ ਸਨਮਾਨ ਕਰੇ। ਬੁਲਾਰੇ ਨੇ ਇਸ ਤੋਂ ਪਹਿਲਾਂ ਵੀ ਕਿਹਾ ਸੀ ਕਿ ਲੋਕਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਹਨਾਂ ਨੂੰ ਇਹ ਕਰਨ ਦੇਣਾ ਚਾਹੀਦਾ ਹੈ।

ਸੰਯੁਕਤ ਰਾਸ਼ਟਰ ਦੇ ਬੁਲਾਰੇ ਦਾ ਇਹ ਤਾਜ਼ਾ ਬਿਆਨ ਦਿੱਲੀ ਵਿਚ ਬੀਤੇ ਦਿਨੀਂ ਹੋਏ ਟਕਰਾਅ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸੀ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਨੇ ਕਿਹਾ ਸੀ ਕਿ ਜਿੱਥੇ ਤੱਕ ਭਾਰਤ ਦਾ ਸਵਾਲ ਹੈ ਤਾਂ ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਮੈਂ ਇਹਨਾਂ ਮੁੱਦਿਆਂ ਨੂੰ ਚੁੱਕਣ ਵਾਲੇ ਹੋਰ ਲੋਕਾਂ ਨੂੰ ਕਿਹਾ ਹੈ ਕਿ ਉਹਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ।

ਸੰਯੁਕਤ ਰਾਸ਼ਟਰ ਦੇ ਬੁਲਾਰੇ ਦੇ ਇਸ ਬਿਆਨ ਦੇ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਦੇ ਬਾਰੇ ਵਿਚ ਕਿਹਾ ਸੀ,”ਅਸੀਂ ਭਾਰਤ ਵਿਚ ਕਿਸਾਨਾਂ ਨਾਲ ਸਬੰਧਤ ਕੁਝ ਅਜਿਹੀਆਂ ਟਿੱਪਣੀਆਂ ਦੇਖੀਆਂ ਹਨ ਜੋ ਗੁੰਮਰਾਹ ਕਰਨ ਵਾਲੀਆਂ ਸੂਚਨਾਵਾਂ ‘ਤੇ ਆਧਾਰਿਤ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਅਣਉਚਿਤ ਹਨ, ਖਾਸ ਕਰ ਕੇ ਜਦੋਂ ਉਹ ਇਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ।” ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹੋਏ ਟਰਕਾਅ ਦੇ ਸਬੰਧੀ ਦਿੱਲੀ ਪੁਲਿਸ ਵੱਲੋਂ 22 ਜਣਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
14.2K