ਸ਼੍ਰੋਮਣੀ ਕਮੇਟੀ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।

ਨੌਜੁਆਨ ਲੜਕੀ ਨੌਦੀਪ ਕੌਰ ’ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਦਿੱਲੀ ਵਿਖੇ ਸ਼ਹੀਦ ਹੋਏ ਨਵਦੀਪ ਸਿੰਘ ਸਮੇਤ ਹੋਰ ਕਿਸਾਨ ਜੋ ਸੰਘਰਸ਼ ਦੌਰਾਨ ਚਲਾਣਾ ਕਰ ਗਏ ਹਨ, ਸਬੰਧੀ ਵੀ ਬੀਬੀ ਜਗੀਰ ਕੌਰ ਨੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਦੇ ਅਕਾਲ ਚਲਾਣਾ ਸਬੰਧੀ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿਚ ਭਾਰਤ ਸਰਕਾਰ ਨੂੰ ਜਲਦ ਫੈਸਲਾ ਲੈਣ ਲਈ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਵੱਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ।

ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮਾਂ ਬਾਰੇ ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਣਗੇ। ਇਸ ਸਬੰਧੀ 19, 20 ਤੇ 21 ਫਰਵਰੀ ਨੂੰ ਗੁਰਦਾਸਪੁਰ ਦੇ ਪਿੰਡ ਧਾਰੋਵਾਲ ਨੇੜੇ ਪਿੰਡ ਗੋਦਰਪੁਰਾ ਵਿੱਚ ਮੁੱਖ ਸਮਾਗਮ ਕੀਤੇ ਜਾਣਗੇ, ਜਿਥੇ ਸ਼ਹੀਦ ਭਾਈ ਲਸ਼ਮਣ ਸਿੰਘ ਧਾਰੋਵਾਲ ਦਾ ਘਰ ਹੈ। ਉਨ੍ਹਾਂ ਦੀ ਤਸਵੀਰ 15 ਫਰਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਜਾਵੇਗੀ। ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਵਿਚ ਗੁਰਦੁਆਰਾ ਸੀਸ ਗੰਜ ਤਕ ਨਗਰ ਕੀਰਤਨ ਸਜਾਇਆ ਜਾਵੇਗਾ।

  • 55
  •  
  •  
  •  
  •