ਐਮਨੈਸਟੀ ਇੰਟਰਨੈਸ਼ਨਲ ਨੇ ਕਿਸਾਨਾਂ ਦੇ ਹੱਕ ’ਚ ਉਠਾਈ ਆਵਾਜ਼

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਅਜਿਹੇ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਵੀ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਹੁਣ ਐਮਨੈਸਟੀ ਇੰਟਰਨੈਸ਼ਨਲ ਜਥੇਬੰਦੀ ਨੇ ਭਾਰਤ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ, ਕਿਸਾਨ ਲੀਡਰਾਂ ਤੇ ਪੱਤਰਕਾਰਾਂ ‘ਤੇ ਪਾਏ ਜਾ ਰਹੇ ਦਬਾਅ ‘ਤੇ ਰੋਕ ਲਾਉਣ ਲਈ ਕਿਹਾ ਹੈ।

ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਨੇ ਬਿਆਨ ਜਾਰੀ ਕਰਦਿਆਂ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਜੋ ਲੋਕ ਗ੍ਰਿਫ਼ਤਾਰ ਕੀਤੇ ਗਏ, ਨੂੰ ਬਿਨਾਂ ਸ਼ਰਤ ਤੇ ਤੁਰੰਤ ਰਿਹਾਅ ਕੀਤਾ ਜਾਵੇ। ਐਮਨੈਸਟੀ ਇੰਟਰਨੈਸ਼ਨਲ ਨੇ ਟਵੀਟ ਕੀਤਾ, ‘ਭਾਰਤ ਸਰਕਾਰ ਨੂੰ ਦੇਸ਼ ਭਰ ’ਚ ਨਵੇਂ ਤਿੰਨੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਮੁਜ਼ਾਹਰਾਕਾਰੀਆਂ, ਕਿਸਾਨ ਆਗੂਆਂ ਤੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰਨਾ ਚਾਹੀਦਾ ਹੈ।’ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ‘ਦਿ ਕਾਰਵਾਂ’ ਲਈ ਆਜ਼ਾਦਾਨਾ ਤੌਰ ’ਤੇ ਕੰਮ ਕਰਦੇ ਪੱਤਰਕਾਰ ਮਨਦੀਪ ਪੂਨੀਆ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੇ ਉਸ ਨੂੰ 14 ਦਿਨ ਲਈ ਹਿਰਾਸਤ ’ਚ ਰੱਖੇ ਜਾਣ ਮਗਰੋਂ ਐਮਨੈਸਟੀ ਇੰਟਰਨੈਸ਼ਨਲ ਦਾ ਇਹ ਬਿਆਨ ਸਾਹਮਣੇ ਆਇਆ ਹੈ। ਮਨਦੀਪ ਪੂਨੀਆ ਨੂੰ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ।

ਸੰਸਥਾ ਨੇ ਕਿਹਾ ਕਿ ਮੁਜ਼ਾਹਰਾਕਾਰੀਆਂ ਖ਼ਿਲਾਫ਼ ਕੀਤੀ ਗਈ ਹਿੰਸਾ ਦੀਆਂ ਰਿਪੋਰਟਾਂ ਦੀ ਪੜਤਾਲ ਕਰਨ ਤੇ ਸ਼ੱਕੀ ਦੋਸ਼ੀਆਂ ਨੂੰ ਫੜਨ ਦੀ ਥਾਂ ਅਥਾਰਿਟੀ ਧਰਨੇ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਪਹੁੰਚ ਰੋਕ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾ ਰਹੀ ਹੈ। ਐਮਨੈਸਟੀ ਨੇ ਕਿਹਾ ਕਿ ਦੇਸ਼ ਵਿੱਚ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਮੁਜ਼ਾਹਰਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਜੇ ਰੁਕੀ ਨਹੀਂ ਸੀ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।

  • 88
  •  
  •  
  •  
  •