ਭਾਈ ਰਾਜੋਆਣਾ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਗ੍ਰਿਫ਼ਤਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਪਟੀਸ਼ਨ ‘ਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਪਟੀਸ਼ਨ ਦਾ ਜਲਦ ਨਿਬੇੜਾ ਕਰਨ ਲਈ ਕਿਹਾ ਸੀ।

ਜਿਕਰਯੋਗ ਹੈ ਕਿ 31 ਅਗਸਤ 1995 ਨੂੰ ਹੋਏ ਹਮਲੇ ਵਿੱਚ ਬੇਅੰਤ ਸਿੰਘ (ਪੰਜਾਬ ਦੇ ਸਾਬਕਾ ਮੁੱਖ ਮੰਤਰੀ) ਦੀ ਮੌਤ ਹੋਈ ਸੀ ਅਤੇ 25 ਦਸੰਬਰ 1997 ਨੂੰ ਰਾਜੋਆਣਾ ਨੇ ਇਸ ਹੱਤਿਆ ਵਿੱਚ ਆਪਣੀ ਸ਼ਮੂਲੀਅਤ ਨੂੰ ਕਬੂਲ ਕਰ ਲਿਆ। ਰਾਜੋਆਣਾ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਅਤੇ ਉਸ ਦੀ ਫਾਂਸੀ 31 ਮਾਰਚ 2012 ਨੂੰ ਹੋਣੀ ਸੀ। 28 ਮਾਰਚ 2012 ਨੂੰ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਦਾਇਰ ਕੀਤੀ ਗਈ ਅਪੀਲ ਅਤੇ ਪੰਜਾਬ ਵਿਚ ਵਧ ਰਹੇ ਰੋਹ ਨੂੰ ਦੇਖਦਿਆਂ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਫਾਂਸੀ’ ਤੇ ਰੋਕ ਲਗਾ ਦਿੱਤੀ।

  • 66
  •  
  •  
  •  
  •