ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਖਰੀ ਮੌਕੇ ਉੱਪਰ ਰੋਕ

ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅੱਜ 18 ਫਰਵਰੀ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਨੇ ਐਨ ਆਖਰੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੀਤੀ ਸ਼ਾਮ ਇੱਕ ਪੱਤਰ ਭੇਜ ਕੇ ਇਹ ਸੂਚਨਾ ਦਿੱਤੀ ਗਈ।

ਇਸ ਸਬੰਧੀ ਇੱਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਦੇਰ ਸ਼ਾਮ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਇਕ ਪੱਤਰ ਈਮੇਲ ਰਾਹੀਂ ਮਿਲਿਆ ਹੈ ਜਿਸ ਵਿਚ ਸਕਿਓਰਿਟੀ ਅਤੇ ਸੇਫਟੀ ਦੇ ਨਾਂ ਹੇਠ ਜਥੇ ਨੂੰ ਰੱਦ ਕਰ ਦਿੱਤਾ ਗਿਆ ਹੈ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਾਡੀਆਂ ਅਤੇ ਸਿੱਖ ਪੰਥ ਦੀਆਂ ਭਾਵਨਾਵਾਂ ਦਾ ਕੇਂਦਰ ਸਰਕਾਰ ਵੱਲੋਂ ਕਤਲ ਕੀਤਾ ਗਿਆ ਹੈ ਅਤੇ ਇਸ ਨਾਲ ਸਾਡੇ ਨਾਲ ਵੱਡਾ ਧੱਕਾ ਹੋਇਆ ਹੈ । ਉਨ੍ਹਾਂ ਕਿਹਾ ਇਸ ਵੇਲੇ ਜਦੋਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ ਅਤੇ ਪਾਕਿਸਤਾਨੀ ਦੂਤਾਵਾਸ ਵੱਲੋਂ ਸ਼ਰਧਾਲੂਆਂ ਨੂੰ ਵੀਜ਼ੇ ਵੀ ਜਾਰੀ ਕਰ ਦਿੱਤੇ ਗਏ ਸਨ ਪਾਕਿਸਤਾਨ ਵਿਖੇ ਵੀ ਜਥੇ ਦੇ ਆਉਣ ਜਾਣ ਲਈ ਬੱਸਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਸਨ ਉਸ ਵੇਲੇ ਭਾਰਤ ਸਰਕਾਰ ਵੱਲੋਂ ਜਥੇ ਨੂੰ ਅਚਾਨਕ ਰੱਦ ਕਰਨਾ ਕੇਂਦਰ ਸਰਕਾਰ ਦੀ ਸਿੱਖ ਵਿਰੋਧੀ ਸੋਚ ਹੀ ਲੱਗਦੀ ਹੈ।

ਇਸ ‘ਤੇ ਬੋਲਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਆਸਥਾ ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਰੋਕ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ, ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਇਹ ਵਤੀਰਾ ਪੰਜਾਬ ਦੇ ਸਿੱਖਾਂ ਨਾਲ ਕੀਤਾ ਗਿਆ ਹੈ ਉਹ ਬਹੁਤ ਹੀ ਮੰਦਭਾਗਾ ਹੈ। ਇਸ ਦੌਰਾਨ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਫ਼ੈਸਲਾ ਸਿੱਖਾਂ ਦੀਆਂ ਭਾਵਨਾਵਾਂ ਦੇ ਉਲਟ ਹੈ। ਸਿੱਖ ਸ਼ਰਧਾਲੂਆਂ ਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਤੋਂ ਰੋਕਿਆ ਨਹੀਂ ਸੀ ਜਾਣਾ ਚਾਹੀਦਾ।

  • 32
  •  
  •  
  •  
  •