ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ

ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਦੁਬਾਰਾ ਪੱਤਰ ਲਿਖ ਕੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਦਾ ਸੈੱਟ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸਿੱਖਾਂ ਨੇ ਕੁਰਬਾਨੀਆਂ ਦੁਆਰਾ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ, ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵੱਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜ਼ਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਸੀ, ਜਿਸ ਮਗਰੋਂ ਮਹਾਤਮਾਂ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਕਿਸਾਨ ਸੰਘਰਸ਼ ਵਿਚ ਸਿੱਖਾਂ ਦੀ ਸ਼ਮੂਲੀਅਤ ਕੇਂਦਰ ਸਰਕਾਰ ਨੂੰ ਰੜਕ ਰਹੀ ਹੈ ਅਤੇ ਇਸੇ ਲਈ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਰੋਕਿਆ ਗਿਆ ਹੈ। ਉਨ੍ਹਾਂ ਸੰਸਦ ਵਿਚ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਇਹ ਮਾਮਲਾ ਸੰਸਦ ਵਿਚ ਵੀ ਉਭਾਰਨ।

ਪਾਕਿਸਤਾਨ ਨੇ ਕਿਹਾ ਹੈ ਕਿ ਉਹ ਇਥੇ ਭਾਰਤ ਸਣੇ ਦੁਨੀਆਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪੂਰੀਆਂ ਸਹੂਲਤਾਂ ਦੇ ਰਿਹਾ ਹੈ ਤੇ ਉਨ੍ਹਾਂ ਦੀ ਖ਼ਾਤਰ ਤਵੱਜੋ ਕਰ ਰਿਹਾ ਹੈ। ਭਾਰਤ ਸਰਕਾਰ ਵੱਲੋਂ ਸੁਰੱਖਿਆ ਤੇ ਕਰੋਨਾ ਕਾਰਨਾਂ ਨੂੰ ਮੁੱਖ ਰੱਖ ਕੇ 600 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ। ਇਸ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਜ਼ਾਹਿਦ ਹਫ਼ੀਜ਼ ਚੌਧਰੀ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਭਾਰਤ ਤੇ ਦੁਨੀਆਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਪੂਰਾ ਖਿਆਲ ਰੱਖਦਾ ਹੈ ਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੰਦਾ ਹੈ। ਇਸ ਲਈ ਭਾਰਤ ਵੀ ਆਪਣੇ ਸਿੱਖਾਂ ਨੂੰ ਪਾਕਿਸਤਾਨ ਵਿਚਲੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪੂਰਾ ਸਹਿਯੋਗ ਕਰੇ।

  • 48
  •  
  •  
  •  
  •