ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਮੁਕੰਮਲ: ਕੁੰਵਰ ਵਿਜੈ ਪ੍ਰਤਾਪ ਸਿੰਘ

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਟੀਮ ਨੇ ਪੜਤਾਲ ਮੁਕੰਮਲ ਕਰ ਲਈ ਹੈ ਅਤੇ ਹੁਣ ਤਕ 8 ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ। ਇੱਕ ਚਲਾਨ ਆਉਣਾ ਅਜੇ ਬਾਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰੀ ਤਫ਼ਤੀਸ਼ ਤੱਥਾਂ ‘ਤੇ ਆਧਾਰਿਤ ਹੈ ਅਤੇ ਦੋਵਾਂ ਮਾਮਲਿਆਂ ‘ਚ ਹੁਣ ਤੱਕ 7 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਜਿਨ੍ਹਾਂ ‘ਚ 5 ਪੁਲਿਸ ਅਧਿਕਾਰੀ ਸ਼ਾਮਿਲ ਹਨ।

ਜਾਂਚ ਟੀਮ ਦੇ ਮੈਂਬਰ ਕੁੰਵਰਵਿਜੈ ਪ੍ਰਤਾਪ ਸਿੰਘ, ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ ਪੰਕਜ ਤਨੇਜਾ ਨੇ ਕਿਹਾ ਕਿ ਕਰੀਬ ਦੋ ਸਾਲ ਚੱਲੀ ਪੜਤਾਲ ਦੌਰਾਨ ਜੋ ਵੀ ਸਬੂਤ ਅਤੇ ਗਵਾਹ ਜਾਂਚ ਟੀਮ ਨੂੰ ਮਿਲੇ, ਉਹ ਅਦਾਲਤ ਵਿੱਚ ਪੇਸ਼ ਕਰ ਦਿੱਤੇ ਗਏ ਹਨ। ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਪੜਤਾਲ ਦੌਰਾਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਦੇ ਕੇਸ ਵਿੱਚ ਮੁਆਫ਼ੀ ਦੇਣ ਮਗਰੋਂ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਗੋਲੀ ਕਾਂਡ ਕਰਵਾਇਆ ਗਿਆ।

ਜਾਂਚ ਟੀਮ ਨੇ ਆਪਣੀ ਰਿਪੋਰਟ ਦੇ ਸਫ਼ਾ ਨੰਬਰ-41 ਵਿੱਚ ਦਾਅਵਾ ਕੀਤਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਕਥਿਤ ਤੌਰ ’ਤੇ ਸ਼ਾਮਿਲ ਸਨ। ਹਾਲਾਂਕਿ ਜਾਂਚ ਟੀਮ ਨੇ ਸੁਖਬੀਰ ਬਾਦਲ ਖ਼ਿਲਾਫ਼ ਅਦਾਲਤ ਵਿੱਚ ਕੋਈ ਚਲਾਨ ਪੇਸ਼ ਨਹੀਂ ਕੀਤਾ। ਆਪਣੀ ਪੜਤਾਲ ਰਿਪੋਰਟ ਨੂੰ ਹਰ ਪੱਖ ਤੋਂ ਮੁਕੰਮਲ ਦੱਸਦਿਆਂ ਜਾਂਚ ਟੀਮ ਨੇ ਕਿਹਾ ਕਿ ਹੁਣ ਅਦਾਲਤ ਇਸ ਮਾਮਲੇ ਵਿੱਚ ਸੁਣਵਾਈ ਕਰੇਗੀ। ਉਨ੍ਹਾਂ ਕਿਹਾ ਕਿ ਅਦਾਲਤ ‘ਚ ਪੇਸ਼ ਕੀਤੇ ਗਏ ਚਲਾਨਾਂ ਦੇ ਬਣਾਏ ਗਏ ਕਿਤਾਬਚੇ ਨੂੰ ਕੋਈ ਵੀ ਆ ਕੇ ਉਨ੍ਹਾਂ ਦੇ ਕੈਂਪ ਦਫ਼ਤਰ ‘ਚ ਪੜ੍ਹ ਸਕਦਾ ਹੈ ਤੇ ਉਨ੍ਹਾਂ ਦੀ ਜਾਂਚ ਰਿਪੋਰਟ ਪਾਰਦਰਸ਼ੀ ਢੰਗ ਨਾਲ ਤਿਆਰ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਤੇ ਸਹਾਇਕ ਜ਼ਿਲ੍ਹਾ ਅਟਾਰਨੀ ਪੰਕਜ ਤਨੇਜਾ ਵੀ ਹਾਜ਼ਰ ਸਨ।

  •  
  •  
  •  
  •  
  •