ਘੱਟ-ਗਿਣਤੀਆਂ ਨੂੰ ਦਬਾਉਣ ਲਈ ਚੱਲੀਆਂ ਚਾਲਾਂ ਦੇਸ਼ ਲਈ ਘਾਤਕ: ਜਥੇਦਾਰ ਹਰਪ੍ਰੀਤ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਜਿੱਥੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ, ਉੱਥੇ ਹੀ ਸਮੇਂ ਦੀਆਂ ਹਕੂਮਤਾਂ ਵੱਲੋਂ ਘੱਟ-ਗਿਣਤੀਆਂ ਨੂੰ ਦਬਾਉਣ ਲਈ ਚੱਲੀਆਂ ਚਾਲਾਂ ਨੂੰ ਦੇਸ਼ ਲਈ ਘਾਤਕ ਦੱਸਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਪ੍ਰੇਰਣਾ ਸਰੋਤ ਅਤੇ ਉਨ੍ਹਾਂ ਦੀ ਸ਼ਹਾਦਤ ਸੰਸਾਰ ਅੰਦਰ ਵਿਲੱਖਣ ਅਤੇ ਅਦੁੱਤੀ ਹੈ।

ਉਨ੍ਹਾਂ ਆਖਿਆ ਕਿ ਜਦੋਂ ਗੁਰੂ ਸਾਹਿਬ ਜੀ ਦੀ ਪਾਵਨ ਸ਼ਹਾਦਤ ਹੋਈ ਉਸ ਸਮੇਂ ਔਰੰਗਜ਼ੇਬ ਖਾਸ ਨੀਤੀ ਤਹਿਤ ਗੈਰ ਮੁਸਲਮਾਨਾਂ ਨੂੰ ਦਬਾ ਰਿਹਾ ਸੀ। ਇਸੇ ਜਬਰੀ ਧਰਮ ਪ੍ਰਵਰਤਨ ਦੀ ਨੌਵੇਂ ਪਾਤਸ਼ਾਹ ਨੇ ਸਖ਼ਤ ਵਿਰੋਧਤਾ ਕੀਤੀ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਦੇ ਹਾਲਾਤ ਅਜਿਹਾ ਹੀ ਦ੍ਰਿਸ਼ ਪੇਸ਼ ਕਰ ਰਹੇ ਹਨ। ਅੱਜ ਦੇ ਹਾਕਮ ਇਕ ਧਰਮ ਦਾ ਰਾਸ਼ਟਰ ਬਣਾਉਣ ਦੀ ਨੀਤੀ ’ਤੇ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਨੀਤੀ ਦੇਸ਼ ਲਈ ਹਮੇਸ਼ਾ ਨੁਕਸਾਨਦੇਹ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਧਰਮਾਂ, ਰੀਤੀ ਰਿਵਾਜਾਂ ਅਤੇ ਫਿਰਕਿਆਂ ਦੇ ਲੋਕ ਵੱਸਦੇ ਹਨ, ਜਿਨ੍ਹਾਂ ਦੀ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਸੁਰੱਖਿਅਤ ਰਹਿਣੇ ਚਾਹੀਦੇ ਹਨ।

  • 115
  •  
  •  
  •  
  •