ਕੇਂਦਰ ਸਰਕਾਰ ਨੇ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਸਿਰੇ ਤੋਂ ਨਕਾਰੀ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ‘ਚ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਦੀ ਮੰਗ ਠੁਕਰਾ ਦਿੱਤੀ ਹੈ। ਭਾਰਤ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ ‘ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ। ਅਜਿਹੇ ‘ਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਨਾਲ ਇਕ ਮਹੱਤਵਪੂਰਨ ਬੈਠਕ ਸੱਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਕਣਕ ਦੀ ਖਰੀਦ ਦੌਰਾਨ ਆੜ੍ਹਤੀਆਂ ਦੇ ਹਿੱਤਾਂ ਨੂੰ ਵੀ ਧਿਆਨ ‘ਚ ਰੱਖਿਆ ਜਾਵੇ।

ਮਨਪ੍ਰੀਤ ਬਾਦਲ ਨੇ ਆਪਣੀ ਬੇਬਸੀ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਪੰਜਾਬ ਕੋਲ ਕੋਈ ਬਦਲ ਨਹੀਂ ਬਚਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ ਸਪੱਸ਼ਟ ਆਖ ਦਿੱਤਾ ਕਿ ਕੇਂਦਰ ਸਰਕਾਰ ਕਣਕ ਦੀ ਖਰੀਦ ਅਤੇ ਅਦਾਇਗੀ ਤਾਂ ਹੀ ਕਰੇਗੀ, ਜੇ ਪੰਜਾਬ ’ਚ ਕਿਸਾਨਾਂ ਨੂੰ ਜਿਣਸ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਮੀਟਿੰਗ ’ਚ ਆਖਿਆ ਕਿ ਜੇ ਪੰਜਾਬ ਸਰਕਾਰ ਨੇ ਆੜ੍ਹਤੀਆਂ ਜ਼ਰੀਏ ਅਦਾਇਗੀ ਕਰਨੀ ਹੈ ਤਾਂ ਰਾਜ ਸਰਕਾਰ ਖੁਦ ਆਪਣੇ ਪੱਧਰ ’ਤੇ ਜਿਣਸ ਖਰੀਦ ਦੇ ਪ੍ਰਬੰਧ ਕਰ ਲਵੇ। ਕੇਂਦਰ ਨੇ ਸਿੱਧੀ ਅਦਾਇਗੀ ਲਈ ਜ਼ਮੀਨੀ ਰਿਕਾਰਡ ਆਨਲਾਈਨ ਕਰਨ ਦੇ ਅਮਲ ਨੂੰ ਛੇ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ‘ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ।

  • 52
  •  
  •  
  •  
  •