ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰੇ ਪੰਜਾਬ ਸਰਕਾਰ: ਯੁਨਾਈਟਿਡ ਸਿੱਖ ਪਾਰਟੀ

ਕਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਮੇਤ ਸਮੁੱਚੇ ਦੇਸ਼ ਅੰਦਰ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਸ ਸਬੰਧੀ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਭਾਈ ਜਸਵਿੰਦਰ ਸਿੰਘ ਤੇ ਹੋਰਨਾਂ ਸੇਵਾਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਉਨ੍ਹਾਂ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋ ਸਜ਼ਾਵਾਂ ਕੁੱਟ ਚੁੱਕੇ ਹਨ। ਜਿਹੜੇ ਸਿੱਖ ਕੈਦੀਆਂ ਦੀਆਂ ਸਜ਼ਾਵਾਂ ਬਾਕੀ ਰਹਿੰਦੀਆਂ ਹਨ, ਉਨ੍ਹਾਂ ਨੂੰ ਕਰੋਨਾਵਾਇਰਸ ਤੋਂ ਬਚਾਉਣ ਲਈ ਪੈਰੋਲ ’ਤੇ ਘਰ ਭੇਜਿਆ ਜਾਵੇ।
ਅੱਜ ਇੱਥੇ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਸਟਾਫ਼ ਨੂੰ ਕਰੋਨਾਵਾਇਰਸ ਤੋਂ ਬਚਾਉਣ ਲਈ ਵੱਖ ਵੱਖ ਕੇਸਾਂ ਵਿਚ ਸਜ਼ਾ ਭੁਗਤ ਰਹੇ ਕਰੀਬ 5800 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਸ਼ਲਾਘਾਯੋਗ ਫ਼ੈਸਲਾ ਹੈ ਪਰ ਇਸ ਸੂਚੀ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕਰਦਿਆਂ ਕਿਹਾ ਕਿ ਜੇ ਸਰਕਾਰ ਨੇ ਸਿੱਖ ਕੈਦੀਆਂ ਨੂੰ ਰਿਹਾਅ ਨਾ ਕੀਤਾ ਅਤੇ ਜੇ ਇਸ ਦੌਰਾਨ ਜੇਲ੍ਹ ਵਿਚ ਬੰਦ ਕਿਸੇ ਸਿੱਖ ਕੈਦੀ ਦਾ ਕਰੋਨਾਵਾਇਰਸ ਕਾਰਨ ਨੁਕਸਾਨ ਹੋਇਆ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

  •  
  •  
  •  
  •  
  •