ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੀਰੀ ਪੀਰੀ ਦਿਹਾੜਾ ਮਨਾਇਆ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆ ਗਈਆ ਸਨ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਅਜੈਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਸਨ।

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਵਸ ਦੇ ਇਤਿਹਾਸ ਅਤੇ ਅੰਮ੍ਰਿਤਧਾਰੀ ਹੋਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰ ਨਾਲ ਜੋੜਿਆ ਸੀ। ਸ਼ਸਤਰ ਸਾਨੂੰ ਸਵੈ-ਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਚੀਨ ਦੀ ਸਰਹੱਦ ’ਤੇ ਅੰਮ੍ਰਿਤਧਾਰੀ ਗੁਰਸਿੱਖ ਨੇ ਜਿਸ ਤਰ੍ਹਾਂ ਆਪਣੀ ਕਿਰਪਾਨ ਨਾਲ ਦੁਸ਼ਮਣ ਦਾ ਸਾਹਮਣਾ ਕੀਤਾ, ਉਹ ਸ਼ਸਤਰ ਦੀ ਮਹਾਨਤਾ ਨੂੰ ਬਾਖੂਬੀ ਦਰਸਾਉਂਦਾ ਹੈ। ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ।

  •  
  •  
  •  
  •  
  •