ਬਹਿਬਲ ਕਲਾਂ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਦੋ ਪੁਲੀਸ ਅਧਿਕਾਰੀ ਜ਼ਮਾਨਤ ’ਤੇ ਰਿਹਾਅ

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਐੱਸਪੀ ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਅੱਜ ਇੱਥੋਂ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ’ਚੋਂ ਜ਼ਮਾਨਤ ਮਿਲ ਗਈ ਹੈ। ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਇੱਕ ਲੱਖ ਰੁਪਏ ਦਾ ਜ਼ਮਾਨਤਨਾਮਾ ਅਤੇ ਮੁਚੱਲਕਾ ਭਰਨ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ।

ਐੱਸ.ਪੀ ਬਿਕਰਮ ਸਿੰਘ ਅਤੇ ਤਤਕਾਲੀ ਐੱਸ.ਐੱਚ.ਓ ਅਮਰਜੀਤ ਸਿੰਘ ਕੁਲਾਰ।

ਦੋਵੇਂ ਪੁਲੀਸ ਅਧਿਕਾਰੀਆਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦਿੰਦਿਆਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪਦਿਆਂ ਇਸ ਮਾਮਲੇ ਦੀ ਸੁਣਵਾਈ 27 ਨਵੰਬਰ ਤੱਕ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਸੁਹੇਲ ਸਿੰਘ ਬਰਾੜ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ ਪਰੰਤੂ ਅਜੇ ਤੱਕ ਉਨ੍ਹਾਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ ਹੈ।

ਦੂਜੀ ਖ਼ਬਰ ਅਨੁਸਾਰ ਸੁਪਰੀਮ ਕੋਰਟ ਨੇ 2015 ’ਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਛੇ ਮੁਲਜ਼ਮਾਂ ਵੱਲੋਂ ਦਾਖ਼ਲ ਅਰਜ਼ੀ ਨੂੰ ਖਾਰਜ ਕਰ ਦਿੱਤਾ ਜਿਸ ’ਚ ਉਨ੍ਹਾਂ ਖ਼ਦਸ਼ਾ ਜਤਾਇਆ ਸੀ ਕਿ ਪੰਜਾਬ ’ਚ ਮੁਕੱਦਮਾ ਚੱਲਣ ਨਾਲ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲੇਗਾ। ਮੁਲਜ਼ਮਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੂਬੇ ’ਚ ਆਪਣੀ ਜਾਨ ਦਾ ਖ਼ਤਰਾ ਹੈ। ਡੇਰਾ ਸੱਚਾ ਸੌਦਾ ਦੇ ਅੱਠ ਪ੍ਰੇਮੀਆਂ ’ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਿਆਂ ਉਨ੍ਹਾਂ ਦੇ ਅੰਗ ਪਾੜੇ।

ਉਧਰ ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਹਾਈ ਕੋਰਟ ਵਿੱਚ ਝੂਠੀ ਬਿਆਨਾਂ ਰਾਹੀਂ ਅੜਿੱਕਾ ਢਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇੱਥੋਂ ਤੱਕ ਕਿ ਹਾਈ ਕੋਰਟ ਨੇ ਵੀ ਜ਼ੁਬਾਨੀ ਤੌਰ ਉਤੇ ਸੀ.ਬੀ.ਆਈ. ਦੀ ਇਸ ਕਾਰਵਾਈ ਨੂੰ ‘ਹੱਤਕਪੂਰਨ’ ਕਰਾਰ ਦਿੱਤਾ ਹੈ।

  • 86
  •  
  •  
  •  
  •