ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਹੋਇਆ ਰਵਾਨਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦੀ ਅਗਵਾਈ ਕਰ ਰਹੇ ਅਮਰਜੀਤ ਸਿੰਘ ਭਲਾਈਪੁਰ, ਗੁਰਮੀਤ ਸਿੰਘ ਬੂਹ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਵੇਈਂਪੂਈਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਸਿੱਖ ਸੰਗਤ ਅੰਦਰ ਹਮੇਸ਼ਾ ਰਹਿੰਦੀ ਹੈ।

ਜ਼ਿਕਰਯੋਗ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਜਥੇ ਲਈ ਤਿੱਨ ਸੌ ਪੱਚੀ ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ । ਇਹ ਜਥਾ ਅੱਜ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ ਅਤੇ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਇੱਕ ਦਸੰਬਰ ਨੂੰ ਵਾਪਸ ਪਰਤ ਆਵੇਗਾ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਪਾਕਿਸਤਾਨ ਦੂਤਾਵਾਸ ਨੂੰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣੇ ਚਾਹੀਦੇ ਹਨ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ।

  • 47
  •  
  •  
  •  
  •