ਭਾਜਪਾ ਸਰਕਾਰ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਤਾਨਾਸ਼ਾਹ ਬਣੀ: ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਯੂਏਪੀਏ ਦੀ ਦੁਰਵਰਤੋਂ ਕਰ ਰਹੀ ਹੈ, ਜੋ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰ ਦੇਸ਼ ਦੀ ਸਰਕਾਰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਕੋਝੇ ਹੱਥਕੰਡੇ ਵਰਤ ਰਹੀ ਹੈ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਅਤੇ ਬੇਇਨਸਾਫ਼ੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖ਼ਾਸ ਕਰਕੇ ਘੱਟ ਗਿਣਤੀਆਂ ਪ੍ਰਤੀ ਦੇਸ਼ ਦੀ ਸਰਕਾਰ ਦਾ ਰਵੱਈਆ ਦਬਾਉਣ ਵਾਲਾ ਹੈ।

  • 83
  •  
  •  
  •  
  •